ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 19 ਮਈ-
ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ ਸਾਬਤ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।