ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅੰਮ੍ਰਿਤਸਰ, 2 ਫ਼ਰਵਰੀ- ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਜਤਿੰਦਰ ਸਿੰਘ ਲਾਲੀ ਤੇ ਹੋਰ ਮੌਜੂਦ ਸਨ।