ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)


ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ


ਅੰਮ੍ਰਿਤਸਰ, 24 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਇਸੇ ਦੌਰਾਨ ਸ. ਰਣਜੀਤ ਸਿੰਘ ਸਲੂਜਾ ਦੇ ਪਰਿਵਾਰ ਵੱਲੋਂ ਪਾਲਕੀ ਸਾਹਿਬ ਲਈ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟ ਕੀਤੀ ਗਈ।
ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਰਸਤੇ ਵਿਚ ਨਗਰ ਕੀਰਤਨ ’ਚ ਬੱਲਾਰਪੁਰ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਸ੍ਰੀ ਸੁਭਾਸ਼ ਚੰਦਰਰਾਓ ਢੋਟੇ ਅਤੇ ਸ੍ਰੀ ਅਰੁਣ ਢੋਟੇ ਵੱਲੋਂ ਵੀ ਸੰਗਤਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸੇ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਪਿੰਡ ਗੜ੍ਹਚੰਦੂਰ ਵਿਖੇ ਨਗਰ ਕੀਰਤਨ ਦੇ ਪਹੁੰਚਣ ’ਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਰਪਣ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਹਰਵਿੰਦਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਦੇ ਪ੍ਰਧਾਨ ਸ. ਚਰਨਜੀਤ ਸਿੰਘ, ਸ. ਚੰਮਕੌਰ ਸਿੰਘ, ਸ. ਸੁਰਿੰਦਰ ਸਿੰਘ ਗਿੱਲ, ਸ. ਰਾਜਿੰਦਰ ਸਿੰਘ, ਸ. ਪੂਰਨ ਸਿੰਘ ਜੁਨੇਜਾ, ਸ. ਤੀਰਥ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।