ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬੋਰੀਵਲੀ ਮੁੰਬਈ ਤੋਂ ਸੂਰਤ ਗੁਜਰਾਤ ਲਈ ਰਵਾਨਾ

ਅੰਮ੍ਰਿਤਸਰ, 12 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਬੋਰੀਵਲੀ ਮੁੰਬਈ ਤੋਂ ਆਪਣੇ ਅਗਲੇ ਪੜਾਅ ਸੂਰਤ ਗੁਜਰਾਤ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਹਲਕਾ ਬੋਰੀਵਲੀ ਦੇ ਵਿਧਾਇਕ ਸ੍ਰੀ ਸੰਜੇ ਉਪਾਧਿਆਏ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਨੂੰ ਪੂਰਾ ਦੇਸ਼ ਨਮਨ ਕਰ ਰਿਹਾ ਹੈ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ 51 ਹਜ਼ਾਰ ਅਤੇ ਹਲਕਾ ਵਿਧਾਇਕ ਸ੍ਰੀ ਸੰਜੇ ਉਪਾਧਿਆਏ ਵਲੋਂ 21 ਹਜ਼ਾਰ ਰੁਪਏ ਸੇਵਾ ਦਾ ਚੈੱਕ ਵੀ ਭੇਟ ਕੀਤਾ ਗਿਆ।
ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੇਸਾਈ ਤੋਂ ਵਿਧਾਇਕ ਸੁਨੇਹਾ ਦੂਬੇ ਪੰਡਿਤ ਸਮੇਤ ਸਥਾਨਕ ਆਗੂਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਮੁੰਬਈ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਨਰਿੰਦਰ ਸਿੰਘ ਮੋਖਾ, ਸ. ਮੋਹਨ ਸਿੰਘ ਬੇਦੀ, ਸ. ਹਰਜਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਪ੍ਰਿਤਪਾਲ ਸਿੰਘ, ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ, ਭਾਈ ਜਗਜੀਤ ਸਿੰਘ, ਸ. ਰਜਿੰਦਰ ਸਿੰਘ, ਸ. ਸਵਿੰਦਰ ਸਿੰਘ, ਸ. ਪ੍ਰਭਜੋਤ ਸਿੰਘ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।